ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ‘ਤੇ ਆਪਣੀ ਰਿਹਾਇਸ਼ ਵਿਖੇ ਅਫ਼ਗ਼ਾਨਿਸਤਾਨ ਤੋਂ ਆਏ ਸਿੱਖ-ਹਿੰਦੂ ਵਫ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸਨਮਾਨਿਤ ਕੀਤਾ ਅਤੇ ਅਫ਼ਗ਼ਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਵਫ਼ਦ ਦਾ ਸੁਆਗਤ ਕਰਦਿਆਂ ਕਿਹਾ ਕਿ ਉਹ ਮਹਿਮਾਨ ਨਹੀਂ ਹਨ ਬਲਕਿ ਆਪਣੇ ਘਰ ਵਿੱਚ ਹਨ, ਉਨ੍ਹਾਂ ਨੇ ਕਿਹਾ ਕਿ ਭਾਰਤ ਉਨ੍ਹਾਂ ਦਾ ਘਰ ਹੈ। ਉਨ੍ਹਾਂ ਅਫ਼ਗ਼ਾਨਿਸਤਾਨ ਵਿੱਚ ਉਨ੍ਹਾਂ ਨੂੰ ਦਰਪੇਸ਼ ਭਾਰੀ ਕਠਿਨਾਈਆਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਸਰਕਾਰ ਦੁਆਰਾ ਦਿੱਤੀ ਗਈ ਮਦਦ ਬਾਰੇ ਗੱਲ ਕੀਤੀ। ਇਸ ਰੋਸ਼ਨੀ ਵਿੱਚ, ਉਨ੍ਹਾਂ ਨਾਗਰਿਕਤਾ ਸੋਧ ਐਕਟ (ਸੀਏਏ) ਦੀ ਮਹੱਤਤਾ ਅਤੇ ਭਾਈਚਾਰੇ ਲਈ ਇਸ ਦੇ ਲਾਭਾਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਦਰਪੇਸ਼ ਸਾਰੇ ਮੁੱਦਿਆਂ ਅਤੇ ਕਠਿਨਾਈਆਂ ਦੇ ਸਮਾਧਾਨ ਲਈ ਲਗਾਤਾਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਪਰੰਪਰਾ ਦੀ ਮਹੱਤਤਾ ਬਾਰੇ ਵੀ ਗੱਲ ਕੀਤੀ, ਜਿਸ ਦੇ ਮੱਦੇਨਜ਼ਰ ਅਫ਼ਗ਼ਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵਾਪਸ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਅਫ਼ਗ਼ਾਨ ਲੋਕਾਂ ਤੋਂ ਪਿਛਲੇ ਵਰ੍ਹਿਆਂ ਦੌਰਾਨ ਮਿਲੇ ਅਥਾਹ ਪਿਆਰ ਬਾਰੇ ਗੱਲ ਕੀਤੀ ਅਤੇ ਕਾਬੁਲ ਦੀ ਆਪਣੀ ਫੇਰੀ ਨੂੰ ਪਿਆਰ ਨਾਲ ਯਾਦ ਕੀਤਾ।
ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਭਾਈਚਾਰੇ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਭਾਰਤ ਤੋਂ ਮਦਦ ਭੇਜਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਅਤੇ ਕਿਹਾ ਕਿ ਜਦੋਂ ਕੋਈ ਵੀ ਉਨ੍ਹਾਂ ਦੇ ਨਾਲ ਨਹੀਂ ਖੜ੍ਹਾ ਸੀ, ਤਾਂ ਪ੍ਰਧਾਨ ਮੰਤਰੀ ਨੇ ਨਿਰੰਤਰ ਸਮਰਥਨ ਅਤੇ ਸਮੇਂ ਸਿਰ ਮਦਦ ਨੂੰ ਯਕੀਨੀ ਬਣਾਇਆ। ਵਫ਼ਦ ਦੇ ਹੋਰ ਮੈਂਬਰਾਂ ਨੇ ਵੀ ਪ੍ਰਧਾਨ ਮੰਤਰੀ ਦਾ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪੂਰੀ ਸ਼ਰਧਾ ਨਾਲ ਅਫ਼ਗ਼ਾਨਿਸਤਾਨ ਤੋਂ ਭਾਰਤ ਵਾਪਸ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਬਾਰੇ ਗੱਲ ਕਰਦਿਆਂ ਸੁਣਿਆ ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਉਨ੍ਹਾਂ ਨੇ ਸੀਏਏ ਨੂੰ ਲਿਆਉਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ, ਜੋ ਉਨ੍ਹਾਂ ਦੇ ਭਾਈਚਾਰੇ ਦੇ ਮੈਂਬਰਾਂ ਲਈ ਬਹੁਤ ਮਦਦਗਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਸਿਰਫ਼ ਭਾਰਤ ਦੇ ਪ੍ਰਧਾਨ ਮੰਤਰੀ ਹੀ ਨਹੀਂ, ਬਲਕਿ ਵਿਸ਼ਵ ਦੇ ਪ੍ਰਧਾਨ ਮੰਤਰੀ ਹਨ ਕਿਉਂਕਿ ਉਹ ਦੁਨੀਆ ਭਰ ਦੇ ਹਿੰਦੂਆਂ ਅਤੇ ਸਿੱਖਾਂ ਨੂੰ ਦਰਪੇਸ਼ ਕਠਿਨਾਈਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਅਜਿਹੇ ਸਾਰੇ ਮਾਮਲਿਆਂ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਪ੍ਰਯਤਨ ਕਰਦੇ ਹਨ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਅਤੇ ਕੇਂਦਰੀ ਰਾਜ ਮੰਤਰੀ ਸੁਸ਼੍ਰੀ ਮੀਨਾਕਸ਼ੀ ਲੇਖੀ ਵੀ ਮੌਜੂਦ ਸਨ।
***********
ਡੀਐੱਸ
Earlier today, had the opportunity to interact with Hindu and Sikh refugees from Afghanistan. pic.twitter.com/qhshHb4E7o
— Narendra Modi (@narendramodi) February 19, 2022
Glimpses from the interaction with Hindu and Sikh refugees who came from Afghanistan. pic.twitter.com/Joo9YPFbNc
— Narendra Modi (@narendramodi) February 19, 2022