Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਈ ਸਮਾਜਕ ਸੁਰੱਖਿਆ ਯੋਜਨਾਵਾਂ ਦੇ ਦੇਸ਼ ਭਰ ਦੇ ਲਾਭਾਰਥੀਆਂ ਨਾਲ ਵੀਡੀਓ ਬ੍ਰਿਜ ਰਾਹੀਂ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਈ ਸਮਾਜਕ ਸੁਰੱਖਿਆ ਯੋਜਨਾਵਾਂ ਦੇ ਦੇਸ਼ ਭਰ ਦੇ ਲਾਭਾਰਥੀਆਂ ਨਾਲ ਵੀਡੀਓ ਬ੍ਰਿਜ ਰਾਹੀਂ ਗੱਲਬਾਤ ਕੀਤੀ। ਇਸ ਸੰਵਾਦ ਵਿੱਚ ਚਾਰ ਪ੍ਰਮੁੱਖ ਸਮਾਜਕ ਸੁਰੱਖਿਆ ਯੋਜਨਾਵਾਂ-ਅਟਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਅਤੇ ਵਯ ਵੰਦਨਾ ਯੋਜਨਾ ਬਾਰੇ ਗੱਲਬਾਤ ਹੋਈ। ਪ੍ਰਧਾਨ ਮੰਤਰੀ ਦੀ ਇਹ ਕਈ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਦੀ 8ਵੀਂ ਕੜੀ ਹੈ।

ਮੁਸ਼ਕਲਾਂ ਨਾਲ ਜੂਝਦੇ ਹੋਏ ਹੋਰ ਮਜ਼ਬੂਤ ਹੋ ਕੇ ਸਾਹਮਣੇ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਪ੍ਰਗਟਾਈ ਕਿ ਸਮਾਜਕ ਸੁਰੱਖਿਆ ਯੋਜਨਾਵਾਂ ਨੇ ਲੋਕਾਂ ਦਾ ਸਸ਼ਕਤੀਕਰਨ ਕੀਤਾ ਹੈ। ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਇਨ੍ਹਾਂ ਸਮਾਜਕ ਸੁਰੱਖਿਆ ਯੋਜਨਾਵਾਂ ਨੇ ਜੀਵਨ ਦੀਆਂ ਅਨਿਸ਼ਚਿਤਤਾਵਾਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਵਿੱਚ ਹੀ ਲੋਕਾਂ ਦੀ ਮਦਦ ਨਹੀਂ ਕੀਤੀ ਸਗੋਂ ਉਨ੍ਹਾਂ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ ਕਿ ਉਹ ਪਰਿਵਾਰ ਦੀਆਂ ਵਿੱਤੀ ਮੁਸ਼ਕਲਾਂ ਵਾਲੀ ਸਥਿਤੀ ਉੱਤੇ ਕਾਬੂ ਪਾ ਸਕਣ।

ਪ੍ਰਧਾਨ ਮੰਤਰੀ ਨੇ ਸਰਕਾਰ ਵੱਲੋਂ ਗ਼ਰੀਬਾਂ ਅਤੇ ਨਾਜ਼ੁਕ ਵਰਗਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕੀਤਾ। ਇਹ ਕਦਮ ਹਨ – ਗ਼ਰੀਬਾਂ ਲਈ ਬੈਂਕਾਂ ਦੇ ਦਰਵਾਜ਼ੇ ਖੋਲ੍ਹ ਦੇਣੇ- ਬੈਂਕ ਸਹੂਲਤ ਹੀਣੇ ਲੋਕਾਂ ਨੂੰ ਬੈਂਕਿੰਗ ਸਹੂਲਤ ਪ੍ਰਦਾਨ ਕਰਨਾ, ਛੋਟੇ ਵਪਾਰੀਆਂ ਅਤੇ ਉੱਭਰ ਰਹੇ ਉੱਦਮੀਆਂ ਦੀ ਪੂੰਜੀ ਤੱਕ ਪਹੁੰਚ ਯਕੀਨੀ ਬਣਾਉਣਾ – ਫੰਡ ਹੀਣੇ ਲੋਕਾਂ ਨੂੰ ਫੰਡ ਪ੍ਰਦਾਨ ਕਰਨਾ ਅਤੇ ਗ਼ਰੀਬ ਅਤੇ ਨਾਜ਼ੁਕ ਵਰਗਾਂ ਨੂੰ ਸਮਾਜਕ ਸੁਰੱਖਿਆ ਕਵਰ ਪ੍ਰਦਾਨ ਕਰਨਾ – ਅਸੁਰੱਖਿਅਤ ਨੂੰ ਵਿੱਤੀ ਤੌਰ ‘ਤੇ ਸੁਰੱਖਿਅਤ ਬਣਾਉਣਾ।

ਲਾਭਾਰਥੀਆਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ 2014-17 ਦੌਰਾਨ 28 ਕਰੋੜ ਬੈਂਕ ਖਾਤੇ ਖੋਲ੍ਹੇ ਗਏ ਜੋ ਕਿ ਵਿਸ਼ਵ ਵਿੱਚ ਖੋਲ੍ਹੇ ਗਏ ਕੁੱਲ ਬੈਂਕ ਖਾਤਿਆਂ ਦਾ 57% ਹਨ। ਉਨ੍ਹਾਂ ਇਸ ਗੱਲ ‘ਤੇ ਵੀ ਖੁਸ਼ੀ ਪ੍ਰਗਟਾਈ ਕਿ ਹੁਣ ਭਾਰਤ ਵਿੱਚ ਵਧੇਰੇ ਔਰਤਾਂ ਦੇ ਬੈਂਕ ਖਾਤੇ ਹਨ ਅਤੇ 2014 ਵਿੱਚ ਜਿੱਥੇ 53% ਬੈਂਕ ਖਾਤੇ ਸਨ, ਉੱਥੇ ਹੁਣ ਇਹ 80% ‘ਤੇ ਪਹੁੰਚ ਗਏ ਹਨ।

ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਸੁਣਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਕਿਸੇ ਵਿਅਕਤੀ ਦੀ ਜਾਨ ਜਾਣ ਉੱਤੇ ਉਸ ਦੀ ਪੂਰਤੀ ਨਹੀਂ ਹੋ ਸਕਦੀ ਪਰ ਸਰਕਾਰ ਨੇ ਪ੍ਰਭਾਵਤ ਪਰਿਵਾਰ ਦੀ ਆਰਥਕ ਸੁਰੱਖਿਆ ਯਕੀਨੀ ਬਣਾਉਣ ਦੀ ਹਮੇਸ਼ਾ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ ਰਾਹੀਂ ਸਿਰਫ਼ 300 ਰੁਪਏ ਦਾ ਛੋਟਾ ਜਿਹਾ ਪ੍ਰੀਮੀਅਮ ਭਰ ਕੇ 5 ਕਰੋੜ ਤੋਂ ਵੱਧ ਲੋਕਾਂ ਨੇ ਲਾਭ ਉਠਾਇਆ ਹੈ।

ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਦੀ ਦੁਰਘਟਨਾ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 13 ਕਰੋੜ ਤੋਂ ਵੱਧ ਲੋਕਾਂ ਨੇ ਇਹ ਯੋਜਨਾ ਹਾਸਲ ਕੀਤੀ ਹੈ। ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਅਧੀਨ ਸਿਰਫ਼ 12 ਰੁਪਏ ਪ੍ਰਤੀ ਸਾਲ ਦਾ ਭੁਗਤਾਨ ਕਰਕੇ ਕੋਈ ਵਿਅਕਤੀ 2 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਹਾਸਲ ਕਰ ਸਕਦਾ ਹੈ।

ਇਸ ਵਿਚਾਰ ਚਰਚਾ ਦੌਰਾਨ ਪ੍ਰਧਾਨ ਮੰਤਰੀ ਨੇ ਬਜ਼ੁਰਗਾਂ ਅਤੇ ਵੱਡੀ ਉਮਰ ਦੇ ਲੋਕਾਂ ਦੀ ਸੰਭਾਲ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵੱਖ ਵੱਖ ਪਹਿਲਕਦਮੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਵਯ ਵੰਦਨਾ ਯੋਜਨਾ, ਜੋ ਕਿ ਪਿਛਲੇ ਸਾਲ ਸ਼ੁਰੂ ਕੀਤੀ ਗਈ ਸੀ, ਤੋਂ 3 ਲੱਖ ਦੇ ਕਰੀਬ ਬਜ਼ੁਰਗ ਲੋਕਾਂ ਨੇ ਲਾਭ ਉਠਾਇਆ ਹੈ। ਇਸ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ 10 ਸਾਲ ਤੱਕ 8% ਫਿਕਸਡ ਵਿਆਜ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਇਨਕਮ ਟੈਕਸ ਦੀ ਮੁੱਢਲੀ ਹੱਦ 2.5 ਲੱਖ ਤੋਂ ਵਧਾ ਕੇ 3 ਲੱਖ ਰੁਪਏ ਕੀਤੀ ਹੋਈ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ।

ਸਭ ਨੂੰ ਸਮਾਜਕ ਸੁਰੱਖਿਆ ਕਵਰ ਪ੍ਰਦਾਨ ਕਰਨ ਦੇ ਸਰਕਾਰ ਦੇ ਵਾਅਦੇ ਨੂੰ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 3 ਪ੍ਰਮੁੱਖ ਸਮਾਜਕ ਸੁਰੱਖਿਆ ਯੋਜਨਾਵਾਂ (ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ) ਅਧੀਨ ਪਿਛਲੇ ਤਿੰਨ ਸਾਲਾਂ ਵਿੱਚ 20 ਕਰੋੜ ਲੋਕ ਆਏ ਹਨ। ਪ੍ਰਧਾਨ ਮੰਤਰੀ ਨੇ ਲਾਭਾਰਥੀਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਾਰੇ ਨਾਗਰਿਕਾਂ, ਖਾਸ ਤੌਰ ‘ਤੇ ਗ਼ਰੀਬ ਅਤੇ ਨਾਜ਼ੁਕ ਨਾਗਰਿਕਾਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ ਅਤੇ ਉਨ੍ਹਾਂ ਦਾ ਹਰ ਸੰਭਵ ਢੰਗ ਨਾਲ ਸਸ਼ਕਤੀਕਰਨ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨਾਲ ਸੰਵਾਦ ਦੌਰਾਨ ਸਮਾਜਕ ਸੁਰੱਖਿਆ ਯੋਜਨਾਵਾਂ ਦੇ ਲਾਭਾਰਥੀਆਂ ਨੇ ਦੱਸਿਆ ਕਿ ਕਿਵੇਂ ਇਨ੍ਹਾਂ ਸੁਰੱਖਿਆ ਯੋਜਨਾਵਾਂ ਨੇ ਲੋੜ ਦੇ ਸਮੇਂ ਉਨ੍ਹਾਂ ਦੀ ਮਦਦ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਇਹ ਯੋਜਨਾਵਾਂ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਯੋਜਨਾਵਾਂ ਉਨ੍ਹਾਂ ਲਈ ਜੀਵਨ ਤਬਦੀਲੀ ਵਾਲੀਆਂ ਸਿੱਧ ਹੋਈਆਂ ਹਨ।

***

ਏਕੇਟੀ/ਵੀਜੇ/ਏਕੇ